ਪਟਿਆਲਾ ਸ਼ਹਿਰ ਵਿੱਚ ਸਮਾਜਿਕ ਭਲਾਈ ਦੇ ਖੇਤਰ ਵਿੱਚ ਸਰਗਰਮ ਉਮੰਗ ਵੈਲਫੇਅਰ ਫਾਊਂਡੇਸ਼ਨ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਮੁਫ਼ਤ ਆਨਲਾਈਨ ਸਿੱਖਿਆ ਦਾ ਇੱਕ ਮਹੱਤਵਪੂਰਨ ਅਤੇ ਸਰਾਹਣਯੋਗ ਊਪਰਾਲਾ ਸ਼ੁਰੂ ਕੀਤਾ ਗਿਆ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਪੜ੍ਹਾਈ ਵਿੱਚ ਪਿੱਛੇ ਰਹਿ ਗਏ ਵਿਦਿਆਰਥੀਆਂ ਨੂੰ ਸਹੀ ਮਾਰਗਦਰਸ਼ਨ ਦੇ ਕੇ ਉਨ੍ਹਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਨਾ ਹੈ, ਤਾਂ ਜੋ ਉਹ ਆਪਣੀ ਯੋਗਤਾ ਅਨੁਸਾਰ ਚੰਗਾ ਪ੍ਰਦਰਸ਼ਨ ਕਰ ਸਕਣ।
ਉਮੰਗ ਫਾਊਂਡੇਸ਼ਨ ਦੇ ਪ੍ਰਧਾਨ ਅਰਵਿੰਦਰ ਸਿੰਘ ਨੇ ਦੱਸਿਆ ਕਿ ਉਮੰਗ ਵੈਲਫੇਅਰ ਫਾਊਂਡੇਸ਼ਨ ਪਿਛਲੇ ਕਈ ਸਾਲਾਂ ਤੋਂ ਸਮਾਜਿਕ ਸੇਵਾ, ਸਿੱਖਿਆ, ਸਾਈਬਰ ਸਿਕਿਉਰਿਟੀ ਸੈਮੀਨਾਰ, ਰੁੱਖ ਲਗਾਉਣ ਅਤੇ ਜਾਗਰੂਕਤਾ ਮੁਹਿੰਮਾਂ ਵਰਗੇ ਕਈ ਲੋਕ-ਹਿਤੈਸ਼ੀ ਕਾਰਜ ਸਫਲਤਾਪੂਰਵਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਹਮੇਸ਼ਾ ਸਮਾਜ ਦੇ ਕਮਜ਼ੋਰ ਵਰਗ ਦੀ ਮਦਦ ਲਈ ਅੱਗੇ ਆਉਂਦੀ ਰਹੀ ਹੈ। ਇਸੇ ਸੋਚ ਦੇ ਤਹਿਤ ਹੁਣ ਇਹ ਮੁਫ਼ਤ ਆਨਲਾਈਨ ਕੋਚਿੰਗ ਸ਼ੁਰੂ ਕੀਤੀ ਗਈ ਹੈ ਉਨ੍ਹਾਂ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਵਿਦਿਆਰਥੀ ਅਜਿਹੇ ਹਨ ਜੋ ਸਹੀ ਮਾਰਗਦਰਸ਼ਨ, ਵਾਧੂ ਸਹਾਇਤਾ ਅਤੇ ਕੋਚਿੰਗ ਦੀ ਘਾਟ ਕਾਰਨ ਪੜ੍ਹਾਈ ਵਿੱਚ ਪਿੱਛੇ ਰਹਿ ਜਾਂਦੇ ਹਨ। ਇਹ ਉਪਰਾਲਾ ਉਨ੍ਹਾਂ ਲਈ ਇੱਕ ਨਵੀਂ ਆਸ ਦੀ ਕਿਰਣ ਸਾਬਤ ਹੋ ਰਿਹਾ ਹੈ। ਵਿਦਿਆਰਥੀਆਂ ਨੂੰ ਸੌਖੀ ਅਤੇ ਸਮਝਣਯੋਗ ਭਾਸ਼ਾ ਵਿੱਚ ਪਾਠ ਪੜ੍ਹਾਇਆ ਜਾਂਦਾ ਹੈ, ਤਾਂ ਜੋ ਹਰ ਬੱਚਾ ਵਿਸ਼ੇ ਨੂੰ ਅਸਾਨੀ ਨਾਲ ਸਮਝ ਸਕੇ। ਡਾ. ਗਗਨਪ੍ਰੀਤ ਕੌਰ ਨੇ ਦੱਸਿਆ ਕਿ ਆਨਲਾਈਨ ਕਲਾਸਾਂ ਦੌਰਾਨ ਵਿਦਿਆਰਥੀਆਂ ਦੀਆਂ ਬੁਨਿਆਦੀ ਸਮੱਸਿਆਵਾਂ ‘ਤੇ ਖਾਸ ਧਿਆਨ ਦਿੱਤਾ ਜਾਂਦਾ ਹੈ । ਉਨ੍ਹਾਂ ਦੀਆਂ ਗਲਤੀਆਂ ਨੂੰ ਸਮਝਾ ਕੇ ਠੀਕ ਕਰਵਾਇਆ ਜਾਂਦਾ ਹੈ ਅਤੇ ਨਿਯਮਿਤ ਅਭਿਆਸ ਰਾਹੀਂ ਉਨ੍ਹਾਂ ਦੀ ਤਿਆਰੀ ਨੂੰ ਮਜ਼ਬੂਤ ਕੀਤਾ ਜਾਂਦਾ ਹੈ। ਇਸ ਨਾਲ ਵਿਦਿਆਰਥੀਆਂ ਦਾ ਆਤਮ-ਵਿਸ਼ਵਾਸ ਵਧ ਰਿਹਾ ਹੈ ਅਤੇ ਉਹ ਪੜ੍ਹਾਈ ਪ੍ਰਤੀ ਹੋਰ ਰੁਚੀ ਲੈ ਰਹੇ ਹਨ ।

Share: